RAAG GUJRI, VAAR, FIFTH MEHL: SHALOK, FIFTH MEHL
ਸੁਧੁ ਰਾਗੁ ਗੂਜਰੀ ਵਾਰ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੫ ॥ ਅੰਤਰਿ ਗੁਰੁ ਆਰਾਧਣਾ ਜਿਹਵਾ ਜਪਿ ਗੁਰ ਨਾਉ ॥ ਨੇਤ੍ਰੀ ਸਤਿਗੁਰੁ ਪੇਖਣਾ ਸ੍ਰਵਣੀ ਸੁਨਣਾ ਗੁਰ ਨਾਉ ॥ ਸਤਿਗੁਰ ਸੇਤੀ ਰਤਿਆ ਦਰਗਹ ਪਾਈਐ ਠਾਉ ॥ ਕਹੁ ਨਾਨਕ ਕਿਰਪਾ ਕਰੇ ਜਿਸ ਨੋ ਏਹ ਵਥੁ ਦੇਇ ॥ ਜਗ ਮਹਿ ਉਤਮ ਕਾਢੀਅਹਿ ਵਿਰਲੇ ਕੇਈ ਕੇਇ ॥੧॥ ਮਃ ੫ ॥ ਰਖੇ ਰਖਣਹਾਰਿ ਆਪਿ ਉਬਾਰਿਅਨੁ ॥ ਗੁਰ ਕੀ ਪੈਰੀ ਪਾਇ ਕਾਜ ਸਵਾਰਿਅਨੁ ॥ ਹੋਆ ਆਪਿ ਦਇਆਲੁ ਮਨਹੁ ਨ ਵਿਸਾਰਿਅਨੁ ॥ ਸਾਧ ਜਨਾ ਕੈ ਸੰਗਿ ਭਵਜਲੁ ਤਾਰਿਅਨੁ ॥ ਸਾਕਤ ਨਿੰਦਕ ਦੁਸਟ ਖਿਨ ਮਾਹਿ ਬਿਦਾਰਿਅਨੁ ॥ ਤਿਸੁ ਸਾਹਿਬ ਕੀ ਟੇਕ ਨਾਨਕ ਮਨੈ ਮਾਹਿ ॥ ਜਿਸੁ ਸਿਮਰਤ ਸੁਖੁ ਹੋਇ ਸਗਲੇ ਦੂਖ ਜਾਹਿ ॥੨॥ ਪਉੜੀ ॥ ਅਕੁਲ ਨਿਰੰਜਨ ਪੁਰਖੁ ਅਗਮੁ ਅਪਾਰੀਐ ॥ ਸਚੋ ਸਚਾ ਸਚੁ ਸਚੁ ਨਿਹਾਰੀਐ ॥ ਕੂੜੁ ਨ ਜਾਪੈ ਕਿਛੁ ਤੇਰੀ ਧਾਰੀਐ ॥ ਸਭਸੈ ਦੇ ਦਾਤਾਰੁ ਜੇਤ ਉਪਾਰੀਐ ॥ ਇਕਤੁ ਸੂਤਿ ਪਰੋਇ ਜੋਤਿ ਸੰਜਾਰੀਐ ॥ ਹੁਕਮੇ ਭਵਜਲ ਮੰਝਿ ਹੁਕਮੇ ਤਾਰੀਐ ॥ ਪ੍ਰਭ ਜੀਉ ਤੁਧੁ ਧਿਆਏ ਸੋਇ ਜਿਸੁ ਭਾਗੁ ਮਥਾਰੀਐ ॥ ਤੇਰੀ ਗਤਿ ਮਿਤਿ ਲਖੀ ਨ ਜਾਇ ਹਉ ਤੁਧੁ ਬਲਿਹਾਰੀਐ ॥੧॥